ਅਫਗਾਨੀ ਸਿੱਖਾਂ ਤੇ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਯਤਨ ਕਰੇ ਸਰਕਾਰ: ਜਥੇਦਾਰ
ਤਲਵੰਡੀ ਸਾਬੋ: ਅਫਗਾਨਿਸਤਾਨ ਵਿਚ ਤਾਲਿਬਾਨ ਦੀ ਵਾਪਸੀ ਕਾਰਨ ਬਣੇ ਹਾਲਾਤ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਫਗਾਨਿਸਤਾਨ ਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸਾਂਭ ਸੰਭਾਲ ਪ੍ਰਤੀ ਚਿੰਤਾ ਪ੍ਰਗਟ ਕੀਤੀ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਭਾਰਤ ਸਮੇਤ ਦੁਨੀਆਂ ਭਰ ਦੇ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਫਗਾਨਿਸਤਾਨ ਦੇ ਸਿੱਖਾਂ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਯਤਨ ਆਰੰਭਣ ਦੀ ਅਪੀਲ ਕੀਤੀ ਹੈ। ਅੱਜ ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ ਉਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੰਘ ਸਾਹਿਬ ਨੇ ਕਿਹਾ ਕਿ ਭਾਵੇਂ ਅਫਗਾਨਿਸਤਾਨ ਤੋਂ ਬਹੁਤ ਸਾਰੇ ਸਿੱਖ ਕੈਨੇਡਾ, ਅਮਰੀਕਾ ਤੇ ਹੋਰ ਦੇਸ਼ਾਂ ਦੇ ਨਾਲ ਨਾਲ ਦਿੱਲੀ ਵਿੱਚ ਵੱਸ ਚੁੱਕੇ ਹਨ ਪਰ ਕੁੱਝ ਪਰਿਵਾਰ ਅਜੇ ਵੀ ਅਫਗਾਨਿਸਤਾਨ ਵਿੱਚ ਰਹਿ ਰਹੇ ਹਨ ਜਿਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਸ਼ਰਨ ਲੈਂਦਿਆਂ ਆਪਣੇ ਆਪ ਨੂੰ ਮਹਿਫੂਜ਼ ਰੱਖਿਆ ਹੋਇਆ ਹੈ ਪਰ ਉਹਨਾਂ ਸਿੱਖਾਂ ਦੀ ਸਾਨੂੰ ਬੜੀ ਚਿੰਤਾ ਹੈ।
ਸਿੰਘ ਸਾਹਿਬ ਨੇ ਭਾਰਤ ਸਰਕਾਰ ਦੇ ਨਾਲ ਨਾਲ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਫਗਾਨਿਸਤਾਨ ਵਿੱਚ ਸਿੱਖਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਦੇ ਮਾਮਲੇ ਨੂੰ ਉਹ ਪਹਿਲ ਦੇ ਆਧਾਰ ਉਤੇ ਹੱਲ ਕਰਵਾਉਣ ਦੇ ਯਤਨ ਆਰੰਭਣ।
ਉਹਨਾਂ ਕਿਹਾ ਕਿ ਅਫਗਾਨਿਸਤਾਨ ਵਿੱਚ ਜੋ ਵੀ ਸਰਕਾਰ ਬਣੇਗੀ, ਉਸ ਨਾਲ ਸੰਪਰਕ ਕਰਕੇ ਮਸਲਾ ਹੱਲ ਕਰਵਾਇਆ ਜਾਵੇ। ਸਿੰਘ ਸਾਹਿਬ ਨੇ ਕਿਹਾ ਕਿ ਅਫਗਾਨੀ ਸਿੱਖਾਂ ਦੀ ਫਾਰਸੀ ਅਤੇ ਅਰਬੀ ਉਤੇ ਚੰਗੀ ਪਕੜ ਹੈ, ਉਹਨਾਂ ਦੀਆਂ ਸੇਵਾਵਾਂ ਇਤਿਹਾਸ ਨੂੰ ਲੱਭਣ ਅਤੇ ਉਕਤ ਭਾਸ਼ਾਵਾਂ ਵਿੱਚ ਉਸ ਦਾ ਉਲੱਥਾ ਕਰਨ ਵਿੱਚ ਲਈ ਜਾ ਸਕਦੀ ਹੈ ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।